ਸਲੋਕ ਕਬੀਰ ॥
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥ਭਗਤ ਕਬੀਰ ਜੀ
ਰਾਗ ਮਾਰੂ ਅੰਗ ੧੧੦੫
ਜੋ ਮਨੁੱਖ ਇਸ ਜਗਤ-ਰੂਪ ਰਣ-ਭੂਮੀ ਵਿਚ ਦਲੇਰ ਹੋ ਕੇ ਵਿਕਾਰਾਂ ਦੇ ਟਾਕਰੇ ਤੇ ਅੜ ਖਲੋਤਾ ਹੈ, ਤੇ ਇਹ ਸਮਝਦਾ ਹੈ ਕਿ ਇਹ ਮਨੁੱਖਾ-ਜੀਵਨ ਹੀ ਮੌਕਾ ਹੈ ਜਦੋਂ ਇਹਨਾਂ ਨਾਲ ਲੜਿਆ ਜਾ ਸਕਦਾ ਹੈ, ਉਹ ਹੈ ਅਸਲ ਸੂਰਮਾ ।
ਉਸ ਦੀ ਸੋਚ ਦਾ ਧੌਂਸਾ ਵੱਜਦਾ ਹੈ, ਉਸ ਦੇ ਨਿਸ਼ਾਨੇ ਤੇ ਚੋਟ ਪੈਂਦੀ ਹੈਭਾਵ, ਉਸ ਦਾ ਮਨ ਗੁਰੂ-ਚਰਨਾਂ ਵਿਚ ਉੱਚੀਆਂ ਉਡਾਰੀਆਂ ਲਾਂਦਾ ਹੈ, ਜਿੱਥੇ ਕਿਸੇ ਵਿਕਾਰ ਦੀ ਸੁਣਾਈ ਹੀ ਨਹੀਂ ਹੋ ਸਕਦੀ, ਉਸ ਦੇ ਹਿਰਦੇ ਵਿਚ ਗੁਰਮਤਿ ਵਿਚ ਜੁੜੇ ਰਹਿਣ ਦੀ ਧ੍ਰੂਹ ਪੈਂਦੀ ਹੈ ।
ਹਾਂ, ਇਕ ਹੋਰ ਭੀ ਸੂਰਮਾ ਹੈ – ਉਸ ਮਨੁੱਖ ਨੂੰ ਭੀ ਸੂਰਮਾ ਹੀ ਸਮਝਣਾ ਚਾਹੀਦਾ ਹੈ ਜੋ ਹੱਕ-ਸੱਚ, ਮਜ਼ਲੂਮ ਤੇ ਗ਼ਰੀਬ ਦੀ ਖ਼ਾਤਰ ਲੜਦਾ ਹੈ । ਲੜਦਾ ਲੜਦਾ ਟੋਟੇ ਟੋਟੇ ਹੋ ਮਰਦਾ ਹੈ, ਪਰ ਲੜਾਈ ਦਾ ਮੈਦਾਨ ਕਦੇ ਨਹੀਂ ਛੱਡਦਾ, ਪਿਛਾਂਹ ਪੈਰ ਨਹੀਂ ਹਟਾਂਦਾ, ਆਪਣੀ ਜਿੰਦ ਬਚਾਣ ਦੀ ਖ਼ਾਤਰ ਸੱਚ ਦਾ ਰਾਹ ਨਹੀਂ ਛੱਡਦਾ ।
13 ਮਾਰਚ, 1940 : ਉਧਮ ਸਿੰਘ ਨੇ, ਜਲਿਆਂਵਾਲੇ ਬਾਗ ਸਾਕੇ ਦਾ ਬਦਲਾ, ਲੰਡਨ ‘ਚ ਓਡਵਾਇਰ ਨੂੰ ਮਾਰ ਕੇ ਲਇਆ
13 ਮਾਰਚ 1940 ਨੂੰ ਸਰਦਾਰ ਉਧਮ ਸਿੰਘ ਨੇ ਜਲਿਆਂਵਾਲੇ ਬਾਗ ਸਾਕੇ ਦਾ ਬਦਲਾ ਲੰਡਨ ਜਾ ਕੇ ਓਡਵਾਇਰ ਨੂੰ ਗੋਲੀ ਮਾਰ ਕੇ ਲਇਆ ਸੀ ।
13 ਅਪਰੈਲ 1919 ਨੂੰ ਜਲ੍ਹਿਆਂਵਾਲਾ ਬਾਗ਼ ਦੀ ਘਟਨਾ ਨਾਲ ਪੂਰੇ ਭਾਰਤ ਵਿਚ ਰੋਸ ਦੀ ਲਹਿਰ ਫੈਲ ਗਈ। ਦਰਅਸਲ, 1915 ਦੇ ਡਿਫੈਂਸ ਆਫ਼ ਇੰਡੀਆ ਐਕਟ ਤੋਂ ਹੀ ਇਸ ਘਟਨਾ ਦੇ ਬੀਜ ਬੀਜੇ ਗਏ ਸਨ। ਰੌਲਟ ਐਕਟ ਨੇ ਇਸ ਨੂੰ ਸਿੰਜਿਆ। ਭਾਰਤੀਆਂ ਦੀਆਂ ਮੁਸ਼ਕਾਂ ਕਸਣ ਲਈ ਇਹ ਕਾਨੂੰਨ ਲਿਆਂਦਾ ਸੀ। ਸ਼ੱਕ ਦੇ ਆਧਾਰ ’ਤੇ ਕਿਸੇ ਨੂੰ ਵੀ ਫੜ ਲਓ। ਨਾ ਮੁਕੱਦਮਾ, ਨਾ ਸੁਣਵਾਈ, ਨਾ ਫ਼ਰਿਆਦ। ਸਿੱਧੀ ਸਜ਼ਾ ਕਾਲੇਪਾਣੀ ਜਾਂ ਉਮਰ ਕੈਦ। ਨਾ ਕੋਈ ਅਪੀਲ, ਨਾ ਕੋਈ ਦਲੀਲ, ਨਾ ਕੋਈ ਵਕੀਲ।
ਮੁਜ਼ਾਹਰਿਆਂ ਅਤੇ ਜਲਸਿਆਂ-ਜਲੂਸਾਂ ਦੇ ਡਰ ਤੋਂ ਅੰਗਰੇਜ਼ੀ ਹਕੂਮਤ ਨੇ ਜਨਤਾ ਦੇ ਆਗੂਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਕੇ ਡਲਹੌਜ਼ੀ ਨਜ਼ਰਬੰਦ ਕਰ ਦਿੱਤਾ। ਊਸੇ ਰੋਸ ਵਿਚ ਤੇ ਆਪਣੇ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਜਲ੍ਹਿਆਂਵਾਲਾ ਬਾਗ਼ ਵਿਚ ਪੰਜਾਬੀ, ਜਿਨ੍ਹਾਂ ਵਿਚ ਸਿੱਖ, ਹਿੰਦੂ ਤੇ ਮੁਸਲਮਾਨ ਵੀ ਸਨ, ਇਕੱਠੇ ਹੋਏ।
13 ਅਪਰੈਲ ਵਿਸਾਖੀ ਦਾ ਦਿਹਾੜਾ ਸੀ। ਕੁਝ ਸ਼ਰਧਾਲੂ ਦਰਬਾਰ ਸਾਹਿਬ ਸੀਸ ਨਿਵਾਉਣ ਅਾਏ ਸਨ। ਉਹ ਵੀ ਜਲਸੇ ਵਿਚ ਸ਼ਾਮਲ ਹੋ ਗਏ।
ਜਰਨਲ ਡਾਇਰ ਨੇ ਧਾਰਾ 144 ਲਗਾਈ ਹੋਈ ਸੀ ਤੇ ਇਕੱਠ ਕਾਰਨ ਦੀ ਮਨਾਹੀ ਸੀ। ਇਕ ਮੁਖ਼ਬਰ ਦੇ ਦੱਸਣ ’ਤੇ ਡਾਇਰ ਭੜਕ ਉੱਠਿਆ ਤੇ ਉਸ ਨੇ ਜਾ ਕੇ ਨਿਹੱਥੇ ਲੋਕਾਂ ਉੱਪਰ ਬਿਨਾਂ ਚਿਤਾਵਨੀ ਦਿੱਤਿਆਂ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ।
ਗ਼ੈਰ-ਸਰਕਾਰੀ ਅੰਕੜਿਆਂ ਅਨੁਸਾਰ 1000 ਤੋਂ ਵੱਧ ਲੋਕ ਮਾਰੇ ਗਏ ਤੇ 1200 ਤੋਂ ਵੱਧ ਲੋਕ ਜ਼ਖ਼ਮੀ ਹੋਏ। ਅੰਮ੍ਰਿਤਸਰ ਦੇ ਸਿਵਲ ਸਰਜਨ ਅਨੁਸਾਰ 1800 ਮੌਤਾਂ ਹੋਈਆਂ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਊਧਮ ਸਿੰਘ ਆਪਣੇ ਯਤੀਮਖਾਨੇ ਦੇ ਸਾਥੀਆਂ ਨਾਲ ਉੱਥੇ ਪਾਣੀ ਪਿਲਾਉਣ ਦੀ ਸੇਵਾ ਕਰ ਰਿਹਾ ਸੀ ਤੇ ਦਰਿੰਦਗੀ ਦਾ ਇਹ ਕਾਂਡ ਉਸ ਨੇ ਅੱਖੀਂ ਵੇਖਿਆ ਸੀ ਤੇ ਬਦਲਾ ਲੈਣ ਦਾ ਪ੍ਰਣ ਕੀਤਾ ਸੀ।
ਜਲ੍ਹਿਆਂਵਾਲਾ ਬਾਗ਼ ਕਾਂਡ ਤੋਂ ਬਾਅਦ ਉਸ ਦੇ ਜਿਉਣ ਦਾ ਮਕਸਦ ਹੀ ਬਦਲ ਗਿਆ। ਉਸ ਦਾ ਕੀਤਾ ਹੋਇਆ ਪ੍ਰਣ 21 ਸਾਲਾਂ ਬਾਅਦ 13 ਮਾਰਚ 1940 ਨੂੰ ਉਦੋਂ ਪੂਰਾ ਹੋਇਆ ਜਦੋਂ ਉਸ ਦਿਨ ਬਾਅਦ ਦੁਪਹਿਰ ਤਿੰਨ ਵਜੇ ਵੈਸਟਮਿੰਸਟਰ ਦੇ ਕੈਕਸਟਨ ਹਾਲ ਵਿਚ ਈਸਟ ਇੰਡੀਅਨ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ ਸਾਂਝੀ ਮੀਟਿੰਗ ਸਮੇਂ ਊਧਮ ਸਿੰਘ ਨੇ ਮਾਈਕਲ ਓਡਵਾਇਰ ਤੇ ਉਸ ਦੇ ਸਾਥੀਆਂ ’ਤੇ ਗੋਲੀਆਂ ਦਾਗ਼ ਦਿੱਤੀਆਂ।
ਮਾਈਕਲ ਓਡਵਾਇਰ ਤਾਂ ਮੰਚ ਦੀਆਂ ਪੌੜੀਆਂ ਵਿਚ ਹੀ ਡਿੱਗ ਪਿਆ ਤੇ ਮਰ ਗਿਆ। ਲਾਰਡ ਜੈਟਲੈਂਡ ਅਤੇ ਲਾਰਡ ਲੈਮਿੰਗਟਨ ਜ਼ਖ਼ਮੀ ਹੋ ਗਏ। ਖ਼ਬਰ ਫੈਲਣ ਪਿੱਛੋਂ ਸਾਰੇ ਲੰਡਨ ਵਿਚ ਜਿਵੇਂ ਭੂਚਾਲ ਆ ਗਿਆ।
( ਜੂਨ 1997 ‘ਚ ਇੰਗਲੈਡ ਸਰਕਾਰ ਵੱਲੋਂ ਰਿਲੀਜ ਕੀਤੀਆਂ ਗਈਆਂ 5 ਫਾਈਲਾਂ (ਕੁੱਲ 771 ਪੰਨੇ) ਤੋਂ ਪਤਾ ਲਗਦਾ ਹੈ ਕਿ ਸ਼ਹੀਦ ਊਧਮ ਸਿੰਘ ਨੇ ਕੈਕਸਟਨ ਹਾਲ ਵਿੱਚ ਇਕੱਲੇ ਮਾਈਕਲ ਓਡਵਾਇਰ ‘ਤੇ ਨਹੀਂ ਬਲਕਿ ਕੁੱਲ ਚਾਰ ਅੰਗਰੇਜ਼ ਅਫਸਰਾਂ ‘ਤੇ ਛੇ ਗੋਲੀਆਂ ਦਾਗੀਆਂ ਜਿਹਨਾਂ ਵਿੱਚ ਮਾਈਕਲ ਓਡਵਾਇਰ ਮੌਕੇ ‘ਤੇ ਹੀ ਮਾਰਿਆ ਗਿਆ ਅਤੇ ਬਾਕੀ ਜ਼ਖਮੀ ਹੋਏ। ਇਹ ਸਾਰੇ ਅਫਸਰ ਭਾਰਤ ਵਿੱਚ ਗਵਰਨਰ ਰਹਿ ਚੁੱਕੇ ਸਨ ਅਤੇ ਭਾਰਤ ਦੀ ਆਜ਼ਾਦੀ ਦੇ ਵਿਰੋਧੀ ਸਨ। )