ਗਉੜੀ ਮਹਲਾ ੧ ॥

ਪਉਣੈ ਪਾਣੀ ਅਗਨੀ ਕਾ ਮੇਲੁ ॥ਚੰਚਲ ਚਪਲ ਬੁਧਿ ਕਾ ਖੇਲੁ ॥

ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥੧॥

ਕਥਤਾ ਬਕਤਾ ਸੁਨਤਾ ਸੋਈ ॥ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥

ਦੇਹੀ ਮਾਟੀ ਬੋਲੈ ਪਉਣੁ ॥ ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥

ਮੂਈ ਸੁਰਤਿ ਬਾਦੁ ਅਹੰਕਾਰੁ ॥ ਓਹੁ ਨ ਮੂਆ ਜੋ ਦੇਖਣਹਾਰੁ ॥੨॥

ਜੈ ਕਾਰਣਿ ਤਟਿ ਤੀਰਥ ਜਾਹੀ ॥ਰਤਨ ਪਦਾਰਥ ਘਟ ਹੀ ਮਾਹੀ ॥

ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥ਭੀਤਰਿ ਹੋਦੀ ਵਸਤੁ ਨ ਜਾਣੈ ॥

ਹਉ ਨ ਮੂਆ ਮੇਰੀ ਮੁਈ ਬਲਾਇ ॥ਓਹੁ ਨ ਮੂਆ ਜੋ ਰਹਿਆ ਸਮਾਇ ॥

ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥ਮਰਤਾ ਜਾਤਾ ਨਦਰਿ ਨ ਆਇਆ ॥੪॥੪॥

 ਮਹਲਾ ੧ – ਗੁਰੂ ਨਾਨਕ ਸਾਹਿਬ ਜੀ।                                   ਰਾਗ ਗਉੜੀ  ਅੰਗ ੧੫੨

ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! (ਗੁਰੂ ਦੀ ਸਰਨ ਪੈ ਕੇ) ਇਹ ਗੱਲ ਸਮਝ ਲੈ (ਕਿ ਜਦੋਂ) ਹਵਾ ਪਾਣੀ ਅੱਗ (ਆਦਿਕ ਤੱਤਾਂ ਦਾ) ਮਿਲਾਪ ਹੁੰਦਾ ਹੈ (ਤਦੋਂ ਇਹ ਸਰੀਰ ਬਣਦਾ ਹੈ, ਤੇ ਇਸ ਵਿਚ) ਚੰਚਲ ਅਤੇ ਕਿਤੇ ਇੱਕ ਥਾਂ ਨਾਹ ਟਿਕਣ ਵਾਲੀ ਬੁੱਧੀ ਦੀ ਦੌੜ-ਭੱਜ (ਸ਼ੁਰੂ ਹੋ ਜਾਂਦੀ ਹੈ)।

ਸਰੀਰ ਦੀਆਂ ਨੌ ਹੀ ਗੋਲਕਾਂ (ਇਸ ਦੌੜ-ਭੱਜ ਵਿਚ ਸ਼ਾਮਿਲ ਰਹਿੰਦੀਆਂ ਹਨ,ਸਿਰਫ਼) ਦਿਮਾਗ਼ (ਹੀ ਹੈ ਜਿਸ ਰਾਹੀਂ ਆਤਮਕ ਜੀਵਨ ਦੀ ਸੂਝ ਪੈ ਸਕਦੀ ਹੈ) ॥੧॥

ਹੇ ਭਾਈ! (ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ) ਉਹ ਪਰਮਾਤਮਾ ਹੀ (ਹਰੇਕ ਜੀਵ ਵਿਚ ਵਿਆਪਕ ਹੋ ਕੇ) ਬੋਲਣ ਵਾਲਾ ਹੈ ਸੁਣਨ ਵਾਲਾ ਹੈ,ਜਿਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਵਾਲਾ ਹੋ ਜਾਂਦਾ ਹੈ ॥੧॥ਰਹਾਉ ॥

ਮਿੱਟੀ ਆਦਿਕ ਤੱਤਾਂ ਤੋਂ ਬਣੇ ਇਸ ਸਰੀਰ ਵਿਚ ਸੁਆਸ ਚੱਲਦਾ ਹੀ ਰਹਿੰਦਾ ਹੈ।ਹੇ ਗਿਆਨਵਾਨ ਮਨੁੱਖ! ਇਸ ਗੱਲ ਨੂੰ ਸਮਝ (ਕਿ ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਮਨੁੱਖ ਦੇ ਅੰਦਰੋਂ ਸਿਰਫ਼ ਆਪਾ-ਭਾਵ ਦੀ ਮੌਤ ਹੁੰਦੀ ਹੈ, ਉਂਞ) ਹੋਰ ਕੁਝ ਨਹੀਂ ਮਰਦਾ ਹਾਂ।

ਗੁਰੂ ਮਿਲਿਆਂ ਮਨੁੱਖ ਦੇ ਅੰਦਰੋਂ ਮਾਇਆ ਵਾਲੇ ਪਾਸੇ ਦੀ) ਖਿੱਚ ਮਰ ਜਾਂਦੀ ਹੈ, (ਮਾਇਆ ਦੀ ਖ਼ਾਤਰ ਮਨ ਦਾ) ਝਗੜਾ ਮਰ ਜਾਂਦਾ ਹੈ (ਮਨੁੱਖ ਦੇ ਅੰਦਰੋਂ ਮਾਇਆ ਦਾ) ਅਹੰਕਾਰ ਮਰ ਜਾਂਦਾ ਹੈ।ਪਰ ਉਹ (ਆਤਮਾ) ਨਹੀਂ ਮਰਦਾ ਜੋ ਸਭ ਦੀ ਸੰਭਾਲ ਕਰਨ ਵਾਲੇ ਪਰਮਾਤਮਾ ਦੀ ਅੰਸ਼ ਹੈ ॥

ਹੇ ਭਾਈ ! ਜਿਸ (ਨਾਮ-ਰਤਨ) ਦੀ ਖ਼ਾਤਰ ਲੋਕ ਤੀਰਥਾਂ ਦੇ ਕੰਢੇ ਤੇ ਜਾਂਦੇ ਹਨ, ਉਹ ਕੀਮਤੀ ਰਤਨ (ਮਨੁੱਖ ਦੇ) ਹਿਰਦੇ ਵਿਚ ਹੀ ਵੱਸਦਾ ਹੈ । (ਵੇਦ ਆਦਿਕ ਪੁਸਤਕਾਂ ਦਾ ਵਿਦਵਾਨ) ਪੰਡਿਤ (ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਭੀ) ਚਰਚਾ ਕਰਦਾ ਰਹਿੰਦਾ ਹੈ । ਉਹ ਪੰਡਿਤ (ਆਪਣੇ) ਅੰਦਰ ਵੱਸਦੇ ਨਾਮ-ਪਦਾਰਥ ਨਾਲ ਸਾਂਝ ਨਹੀਂ ਪਾਂਦਾ !

( ਉਸ ਨੂੰ) ਇਹ ਦਿੱਸ ਪੈਂਦਾ ਹੈ ਕਿ ਜੀਵਾਤਮਾ ਨਹੀਂ ਮਰਦਾ, (ਮਨੁੱਖ ਦੇ ਅੰਦਰੋਂ) ਮਾਇਆ ਦੀ ਮਮਤਾ-ਰੂਪ ਚੁੜੇਲ ਹੀ ਮਰਦੀ ਹੈ ।

ਸਭ ਜੀਵਾਂ ਵਿਚ ਵਿਆਪਕ ਪਰਮਾਤਮਾ ਕਦੇ ਨਹੀਂ ਮਰਦਾ।ਨਾਨਕ ਆਖਦਾ ਹੈ- (ਜਿਸ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਦਰਸ਼ਨ ਕਰਾ ਦਿੱਤਾ ‌।ਉਸ ਨੂੰ ਇਹ ਦਿੱਸ ਪੈਂਦਾ ਹੈ ਕਿ ਪ੍ਰਭੂ ਜੰਮਦਾ ਮਰਦਾ ਨਹੀਂ ।



21 ਜਨਵਰੀ 1924 :-  ਜੈਤੋ ਦੇ ਮੋਰਚੇ ਦਾ ਐਲਾਨ ਅਤੇ ਪੰਥਕ ਰੇਸ ।

21 ਜਨਵਰੀ 1924 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਵਿਖੇ ਹੋ ਰਹੇ ਅਖੰਡ ਪਾਠ ਦੇ ਖੰਡਨ ਦੇ ਵਿਰੋਧ ਵਿੱਚ 500 ਸਿੰਘਾਂ ਦਾ ਪਹਿਲਾ ‘ਸ਼ਹੀਦੀ ਜਥਾ’ ਰਵਾਨਾ ਕਰਨ ਦਾ ਫੈਸਲਾ ਲਿਆ ਸੀ। ਇਹ ਮੋਰਚਾ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਜ਼ਬਰਦਸਤੀ ਗੱਦੀਓਂ ਲਾਹੁਣ ਦੇ ਵਿਰੋਧ ਵਿੱਚ ਸ਼ੁਰੂ ਹੋਇਆ ਸੀ, ਕਿਉਂਕਿ ਮਹਾਰਾਜਾ ਪੰਥਕ ਵਿਚਾਰਾਂ ਦੇ ਧਾਰਨੀ ਸਨ।

ਜਦੋਂ ਸਿੱਖਾਂ ਨੇ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਮਹਾਰਾਜਾ ਦੀ ਹਿਮਾਇਤ ਵਿੱਚ ਅਖੰਡ ਪਾਠ ਰੱਖਿਆ, ਤਾਂ ਅੰਗਰੇਜ਼ੀ ਪੁਲਿਸ ਨੇ ਦਖ਼ਲ ਦੇ ਕੇ ਪਾਠ ਕਰ ਰਹੇ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪਾਠ ਖੰਡਿਤ ਕਰ ਦਿੱਤਾ। ਸਿੱਖਾਂ ਲਈ ਇਹ ਇੱਕ ਬਹੁਤ ਵੱਡੀ ਬੇਅਦਬੀ ਸੀ। ਇਸ ਦੇ ਜਵਾਬ ਵਿੱਚ 21 ਜਨਵਰੀ ਨੂੰ ਇਹ ਰਣਨੀਤੀ ਬਣੀ ਕਿ 500-500 ਸਿੰਘਾਂ ਦੇ ਜਥੇ ਅੰਮ੍ਰਿਤਸਰ ਤੋਂ ਜੈਤੋ ਲਈ ਪੈਦਲ ਰਵਾਨਾ ਕੀਤੇ ਜਾਣਗੇ। ਇਹ ਜਥੇ ਪੂਰੀ ਤਰ੍ਹਾਂ ਸ਼ਾਂਤਮਈ ਰਹਿਣਗੇ ਅਤੇ ਸਿਰਫ਼ ਗੁਰਬਾਣੀ ਦਾ ਜਾਪ ਕਰਦੇ ਹੋਏ ਅੱਗੇ ਵਧਣਗੇ।

ਇਸ ਮੋਰਚੇ ਨੇ ਅੰਗਰੇਜ਼ ਸਰਕਾਰ ਦੇ ਜ਼ੁਲਮ ਨੂੰ ਪੂਰੀ ਦੁਨੀਆ ਸਾਹਮਣੇ ਨੰਗਾ ਕਰ ਦਿੱਤਾ ਸੀ। ਜਦੋਂ ਇਹ ਜਥੇ ਜੈਤੋ ਪਹੁੰਚੇ, ਤਾਂ ਅੰਗਰੇਜ਼ਾਂ ਨੇ ਨਿਹੱਥੇ ਸਿੰਘਾਂ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਅਨੇਕਾਂ ਸਿੰਘ ਸ਼ਹੀਦ ਹੋ ਗਏ। ਇਸ ਘਟਨਾ ਨੇ ਸਿੱਖਾਂ ਵਿੱਚ ਆਜ਼ਾਦੀ ਦਾ ਅਜਿਹਾ ਜਜ਼ਬਾ ਭਰਿਆ ਕਿ ਅੰਤ ਵਿੱਚ ਅੰਗਰੇਜ਼ਾਂ ਨੂੰ ਗੁਰਦੁਆਰਾ ਕਾਨੂੰਨ ਬਣਾਉਣ ਲਈ ਮਜਬੂਰ ਹੋਣਾ ਪਿਆ। 21 ਜਨਵਰੀ ਦਾ ਦਿਨ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਸਿੱਖਾਂ ਨੇ ਗੁਰਬਾਣੀ ਅਤੇ ਗੁਰਧਾਮਾਂ ਦੀ ਮਰਯਾਦਾ ਦੀ ਰਾਖੀ ਲਈ ਕਿਵੇਂ ਸ਼ਾਂਤਮਈ ਰਹਿ ਕੇ ਤੋਪਾਂ ਅਤੇ ਗੋਲੀਆਂ ਦਾ ਸਾਹਮਣਾ ਕੀਤਾ।