ਆਸਾ ਮਹਲਾ ੫ ॥
ਅਉਖਧੁ ਖਾਇਓ ਹਰਿ ਕੋ ਨਾਉ ॥
ਸੁਖ ਪਾਏ ਦੁਖ ਬਿਨਸਿਆ ਥਾਉ ॥੧॥
ਤਾਪੁ ਗਇਆ ਬਚਨਿ ਗੁਰ ਪੂਰੇ ॥
ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥
ਜੀਅ ਜੰਤ ਸਗਲ ਸੁਖੁ ਪਾਇਆ ॥
ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥

ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦੀ ਦਵਾਈ ਲੈ ਲਈ ਉਸ ਦੇ ਅੰਦਰੋਂ ਮਾਇਆ ਦਾ ਮੋਹ, ਦੁੱਖਾਂ ਦਾ ਸੋਮਾ ਸੁੱਕ ਗਿਆ ਅਤੇ ਉਸ ਨੇ ਆਤਮਕ ਆਨੰਦ ਮਾਣ ਹੀ ਲੈਣੇ ਨੇ ।

ਪੂਰੇ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ, ਨਾਮ ਦੀ ਦਵਾਈ ਖਾ ਕੇ ਮਾਇਆ ਦੇ ਮੋਹ ਦਾ ਤਾਪ (ਬੁਖਾਰ) ਲਹਿ ਜਾਂਦਾ ਹੈ, ਆਤਮਕ-ਆਨੰਦ ਪੈਦਾ ਹੁੰਦਾ ਹੈ, ਸਾਰੇ ਚਿੰਤਾ ਫ਼ਿਕਰ ਮਿਟ ਜਾਂਦੇ ਹਨ ।

ਉਹਨਾਂ ਸਭਨਾਂ ਨੇ ਆਤਮਕ ਆਨੰਦ ਪ੍ਰਾਪਤ ਕੀਤਾ, ਗੁਰੂ ਦੇ ਉਪਦੇਸ਼ ਰਾਹੀਂ ਜਿਸ ਜਿਸ ਮਨੁੱਖ ਨੇ ਸਤਿਗੁਰੂ ਨੂੰ ਆਪਣੇ ਮਨ ਵਿਚ ਸਿਮਰਿਆ ।


29 ਫ਼ਰਵਰੀ, 1716 : ਬਾਬਾ ਬੰਦਾ ਸਿੰਘ ਬਹਾਦਰ ਨੂੰ ਕੈਦ ਕਰਕੇ ਦਿੱਲੀ ਲਿਆਂਦਾ ਗਿਆ

ਗੁਰਦਾਸ ਨੰਗਲ ਵਿੱਚ ਦਸੰਬਰ, 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ ਦਿੱਲੀ ਲਿਆਂਦੇ ਗਏ । 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ।

ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਵਿੱਚ ਦੋ ਹਜ਼ਾਰ ਤੋਂ ਵੱਧ ਸ਼ਹੀਦ ਹੋਏ ਸਿੱਖਾਂ ਦੇ ਸਿਰ, ਜਿਨ੍ਹਾਂ ‘ਚ ਤੂੜੀ ਭਰ ਕੇ ਬਾਂਸਾਂ ‘ਤੇ ਲਟਕਾਇਆ ਹੋਇਆ ਸੀ, ਲਿਜਾਏ ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ।

ਇਸ ਮਗਰੋਂ ਇੱਕ ਹਾਥੀ ਸੀ, ਜਿਸ ‘ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਕੈਦ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ ‘ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਕਾਰਣ ਗਰਦਨ ਝੁੱਕਦੀ ਜਾ ਰਹੀ ਸੀ ।

ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਉਸ ਦੀ ਤਾਕਤ ਤੋਂ ਬਹੁਤ ਡਰਦੇ ਸੀ । ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ ।

ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ ‘ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ।

ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, “ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?”

ਇਸ ‘ਤੇ ਬੰਦਾ ਸਿੰਘ ਬੇਖੌਫ਼ ਹੋ ਕੇ ਇੱਕ ਦਮ ਗਰਜਿਆ, “ਜਿਹੋ ਜਹੀ ਬਾਦਸ਼ਾਹ ਤੂੰ ਆਪਣੀ ਮੌਤ ਚਾਹਵੇਂਗਾ।”

ਐਸਾ ਅਨੋਖਾ ਮਹਾਬਲੀ ਸੂਰਮਾ ਸੀ ‘ਸਿੱਖ ਰਾਜ ਦਾ ਮੁਖੀ – ਬਹਾਦਰ ਜਰਨੈਲ !’